ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰਨ ‘ਤੇ ਮਾਤਾ ਗੁਜਰੀ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਿੱਚ ਸੋਗ ਦੀ ਲਹਿਰ
ਫ਼ਤਹਿਗੜ੍ਹ ਸਾਹਿਬ, 26 ਅਪ੍ਰੈਲ,2023
ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ, ਪੰਜ ਵਾਰ ਦੇ ਮੁੱਖ-ਮੰਤਰੀ, ਦਰਵੇਸ਼ ਸਿਆਸਤਦਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਜਾਣ ‘ਤੇ ਮਾਤਾ ਗੁਜਰੀ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਮੌਕੇ ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਅਤੇ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਅਕਾਲ ਪੁਰਖ ਵਾਹਿਗੁਰੂ ਅੱਗੇ ਇਹ ਅਰਦਾਸ ਕੀਤੀ ਗਈ ਕਿ ਉਹ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਸਮੂਹ ਪੰਥ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਨੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਸੱਚੇ ਹਮਦਰਦ ਸਨ ਅਤੇ ਉਨ੍ਹਾਂ ਦੇ ਚਲੇ ਜਾਣ ਨਾਲ ਦੇਸ਼ ਨੂੰ , ਪੰਜਾਬ ਨੂੰ ਅਤੇ ਸਮੁੱਚੇ ਪੰਥ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਬਾਦਲ ਨੂੰ ਸਿੱਖ ਇਤਿਹਾਸ ਅਤੇ ਵਿਰਾਸਤ ਦੀਆਂ ਯਾਦਗਾਰਾਂ ਉਸਾਰਨ, ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਵਿੱਦਿਆ ਦੇ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਕਰਕੇ ਯਾਦ ਕੀਤਾ।
ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਸਮੂਹ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਹਿਰਾ ਸਦਮਾ ਪਹੁੰਚਿਆ ਹੈ ਅਤੇ ਉਹ ਵਿਛੜੀ ਆਤਮਾ ਦੀ ਸ਼ਾਂਤੀ ਲਈ ਸਰਬ ਸ਼ਕਤੀਮਾਨ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਦਲ ਨੂੰ ਸਿੱਖਿਆ ਦੇ ਖੇਤਰ ਵਿੱਚ ਪਾਏ ਮਹੱਤਵਪੂਰਨ ਯੋਗਦਾਨ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਮੈਂਬਰ ਹਾਜ਼ਰ ਸਨ।