ਪੰਜਾਬ ਖੇਡ ਮੇਲਾ—2022 ਦੀ ਰਜਿਸਟ੍ਰੇਸ਼ਨ ਲਈ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ
ਪਟਿਆਲਾ /24 ਅਗਸਤ, 2022
ਪੰਜਾਬ ਸਰਕਾਰ ਵੱਲੋਂ ਰਾਜ ਦੇ ਸਾਰੇ ਵਸਨੀਕਾਂ ਨੂੰ ਖੇਡਾਂ ਨਾਲ ਜੋੜਨ, ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਖੇਡ ਪ੍ਰਤਿਭਾ ਨੂੰ ਪਛਾਨਣ, ਭਾਈਚਾਰਕ ਏਕਤਾ ਨੂੰ ਵਧਾਉਣ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਅਤੇ ਸਿਹਤਯਾਬ ਤੇ ਪ੍ਰਸੰਨਚਿਤ ਪੰਜਾਬ ਸਿਰਜਣ ਦੀ ਮੁਹਿੰਮ ਦੇ ਅੰਤਰਗਤ ਡਾਇਰੈਕਟਰ, ਸਿੱਖਿਆ ਵਿਭਾਗ (ਕਾ.) ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵੱਲੋਂ ਪ੍ਰਿੰਸੀਪਲ ਪ੍ਰੋ. (ਡਾ.) ਕੁਸੁਮ ਲਤਾ ਜੀ ਦੀ ਅਗਵਾਈ ਵਿਚ ‘ਪੰਜਾਬ ਖੇਡ ਮੇਲਾ—2022’ ਦੀ ਰਜਿਸਟ੍ਰੇਸ਼ਨ ਲਈ ਕਾਲਜ ਦੇ ਮਲਟੀਪਰਪਜ਼ ਹਾਲ ਵਿਚ ਹੈਲਪ ਡੈਸਕ ਲਗਾਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਕਾਲਜ ਵਿਚ ਸਰੀਰਕ ਸਿੱਖਿਆ ਦਾ ਵਿਸ਼ਾ ਨਾ ਹੋਣ ਦੇ ਬਾਵਜੂਦ ਵੀ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਪ੍ਰਤੀ ਬਹੁਤ ਉਤਸ਼ਾਹ ਦਿਖਾਇਆ ਅਤੇ ਪ੍ਰੋਗਰਾਮ ਵਿਚ ਵੱਧ—ਚੜ੍ਹ ਕੇ ਭਾਗ ਲਿਆ। ਇਸ ਮੌਕੇ ਹਾਜ਼ਰ ਵਿਦਿਆਰਥੀਆਂ ਨੇ ਵੱਖ—ਵੱਖ ਖੇਡਾਂ ਦੇ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਮੁਕਾਬਲਿਆਂ ਵਾਸਤੇ ਆਪਣੀ ਰਜਿਸਟ੍ਰੇਸ਼ਨ ਕਰਵਾਈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਇਸ ਖੇਡ ਮੇਲੇ ਵਿਚ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਪੰਜਾਬ ਸੂਬੇ ਵਿਚੋਂ ਖੇਡਾਂ ਰਾਹੀਂ ਨੌਜਵਾਨਾਂ ਨੂੰ ਚੰਗੀ ਸੇਧ ਦਿੰਦੇ ਹੋਏ ਨਸ਼ੇ ਵਰਗੇ ਕੋਹੜ ਨੂੰ ਖਤਮ ਕੀਤਾ ਜਾ ਸਕੇ।
ਇਸਤੋਂ ਇਲਾਵਾ ਵਿਦਿਆਰਥੀਆਂ ਨੂੰ ਇਸ ਖੇਡ ਮੇਲੇ ਬਾਰੇ ਵੱਧ ਤੋਂ ਵੱਧ ਉਤਸ਼ਾਹਿਤ ਕਰਨ ਲਈ ਚਾਰ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ। ਇਸ ਟੀਮ ਵੱਲੋਂ ਕਾਲਜ ਵਿਚ ਢੁੱਕਵੀਆਂ ਥਾਵਾਂ ਤੇ ਖੇਡ ਮੇਲੇ ਸਬੰਧੀ ਪੋਸਟਰ ਵੀ ਲਗਵਾਏ ਗਏ। ਇਨ੍ਹਾਂ ਪੋਸਟਰਾਂ ਵਿਚ ਅਲੱਗ—ਅਲੱਗ ਖੇਡਾਂ ਅਤੇ ਪੰਜਾਬ ਸਰਕਾਰ ਵੱਲੋਂ ਨਿਯਤ ਕੀਤੀਆਂ ਮਿਤੀਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ।